ਚੰਡੀਗੜ੍ਹ, 14 ਫਰਵਰੀ| ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਭਲਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਰਾਜਪੁਰਾ ਵਿਚ ਕਿਸਾਨ ਜਥੇਬੰਦੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂਆਂ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰ ਵਲੋਂ ਭਲਕੇ 5 ਵਜੇ ਚੰਡੀਗੜ੍ਹ ਵਿਚ ਮੀਟਿੰਗ ਲਈ ਚਿੱਠੀ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਨਾਲ ਕੀਤੀ ਜਾਵੇਗੀ।

ਰਾਜਪੁਰਾ ਦੇ ਈਗਲ ਹੋਟਲ ਵਿਚ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਕੁੱਝ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿੰਨਾਂ ਮੰਤਰੀਆਂ ਨੇ ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਦੌਰ ਦੀ ਮੀਟਿੰਗ ਕੀਤੀ ਸੀ ਪਰ ਗੱਲਬਾਤ ਬੇਸਿੱਟਾ ਰਹੀ ਤੇ ਕਿਸਾਨਾਂ ਨੇ ਮੰਗਲਵਾਰ ਨੂੰ ਅਪਣਾ ‘ਦਿੱਲੀ ਚੱਲੋ ਮਾਰਚ’ ਸ਼ੁਰੂ ਕਰ ਦਿਤਾ।