ਜਲੰਧਰ | ਪੱਕਾ ਕਰਨ ਦੀ ਮੰਗ ਨੂੰ ਲੈ ਕੇ 3 ਦਸੰਬਰ ਨੂੰ ਬੱਸ ਸਟੈਂਡ ਬੰਦ ਕਰਨ ਵਾਲੇ ਠੇਕਾ ਮੁਲਾਜ਼ਮਾਂ ਦੀ ਯੂਨੀਅਨ ਦੇ ਮੈਂਬਰਾਂ ‘ਤੇ ਪਰਚੇ ਦਰਜ ਕਰਨ ਨੂੰ ਲੈ ਕੇ ਰੋਹ ‘ਚ ਆਏ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵਿਖੇ ਮੀਟਿੰਗ ਬੁਲਾਈ ਗਈ।
ਪਨਬੱਸ ਤੇ PRTC ਬੈਨਰ ਹੇਠ ਮੀਟਿੰਗ ਵਿੱਚ ਹਾਜ਼ਰ 27 ਡਿਪੂਆਂ ਦੇ ਕਰਮਚਾਰੀਆਂ ਨੇ ਰੋਸ ਪ੍ਰਗਟ ਕਰਦਿਆਂ ਸਿੱਧੀ ਚਿਤਾਵਨੀ ਦਿੱਤੀ ਕਿ ਪਰਚੇ ਦਰਜ ਕਰ ਲਏ ਜਾਣ ਜਾਂ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ ਪਰ ਹੁਣ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ।
ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ, ਹਰਵੇਸ਼ ਵਿੱਕੀ ਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਯੂਨੀਅਨ ਦੇ 6000 ਵਰਕਰ 7 ਦਸੰਬਰ ਤੋਂ ਹੜਤਾਲ ‘ਤੇ ਜਾਣਗੇ ਅਤੇ 2100 ਸਰਕਾਰੀ ਬੱਸਾਂ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਤੇ 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਇਸ ਦੌਰਾਨ ਆਉਣ ਵਾਲੀ ਕਿਸੇ ਵੀ ਮੁਸੀਬਤ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ।
ਇਸ ਮੌਕੇ ਸਕੱਤਰ ਬਲਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 6 ਅਕਤੂਬਰ ਨੂੰ ਟਰਾਂਸਪੋਰਟ ਮੰਤਰੀ ਤੇ 12 ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਨੇ ਯੂਨੀਅਨ ਦੀਆਂ ਮੰਗਾਂ ਪੂਰੀਆਂ ਕਰਦੇ ਹੋਏ 6000 ਕੰਟਰੈਕਟ ਵਰਕਰਾਂ ਨੂੰ 20 ਦਿਨਾਂ ਵਿੱਚ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜਿਹਾ ਨਹੀਂ ਹੋ ਸਕਿਆ।
ਗਿੱਲ ਨੇ ਦੱਸਿਆ ਕਿ ਇਸ ਤੋਂ ਬਾਅਦ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਟਰਾਂਸਪੋਰਟ ਵਿਭਾਗ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਿੱਚ ਸ਼ਾਮਲ ਨਾ ਕਰਨ ਦੀ ਨੀਤੀ ਬਣਾਈ ਗਈ।
ਇਸ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ 1 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕਲੀਅਰ ਕਰ ਦਿੱਤੀ ਜਾਵੇਗੀ।
ਸਕੱਤਰ ਗਿੱਲ ਨੇ ਕਿਹਾ ਕਿ ਆਗੂਆਂ ਵੱਲੋਂ ਸਿਰਫ਼ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ 3 ਦਸੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰ ਦਿੱਤੇ ਗਏ ਤੇ ਸਰਕਾਰ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਵੱਖ-ਵੱਖ ਥਾਣਿਆਂ ਵਿੱਚ ਪਰਚੇ ਦਰਜ ਕਰਵਾਏ ਗਏ, ਜੇਕਰ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗ੍ਰਿਫਤਾਰੀਆਂ ਕਰਨ ਲਈ ਤਿਆਰ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ