ਪਟਿਆਲਾ, 25 ਜਨਵਰੀ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 61ਵਾਂ ਦਿਨ ਹੈ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਚੱਲ ਰਹੇ ਇਸ ਇਤਿਹਾਸਕ ਸੱਤਿਆਗ੍ਰਹਿ ਨੂੰ 2 ਮਹੀਨੇ ਪੂਰੇ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਫਰੰਟ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ‘ਤੇ ਕੇਂਦਰਿਤ ਹੈ ਅਤੇ ਇਸ ਦਾ ਕਿਸੇ ਹੋਰ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਜਨਤਾ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਪਵਿੱਤਰ ਲਹਿਰ ਨੂੰ ਪਲੀਤ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ।

ਹੁਣ ਡੱਲੇਵਾਲ ਦੀ ਸਿਹਤ ਵਿਚ ਲਗਾਤਾਰ ਸੁਧਾਰ ਦਿਖਾਈ ਦੇ ਰਿਹਾ ਹੈ। ਡੱਲੇਵਾਲ ਨੇ ਪੀਜੀਆਈ ਵਿਚ ਇਲਾਜ ਕਰਵਾਉਣ ਲਈ ਸੁਪਰੀਮ ਕੋਰਟ ਦੇ ਸੁਝਾਅ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੱਲ ਡੱਲੇਵਾਲ ਕਾਫੀ ਦੇਰ ਬਾਅਦ ਧੁੱਪ ‘ਚ ਨਿਕਲੇ। ਡਾਕਟਰਾਂ ਦੀ ਟੀਮ ਡੱਲੇਵਾਲ ਨੂੰ 14 ਫਰਵਰੀ ਤੱਕ ਸਿਹਤਮੰਦ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਮੀਟਿੰਗ ਵਿਚ ਮੇਜ਼ ’ਤੇ ਬੈਠ ਕੇ ਗੱਲ ਕਰ ਸਕਣ।

ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 13 ਫਰਵਰੀ ਤੋਂ ਚੱਲ ਰਹੇ ਇਸ ਕਿਸਾਨ ਮੋਰਚੇ ਦਾ ਮੰਤਵ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਹੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਪਵਿੱਤਰ ਹੈ।

ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਅਤੇ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲਹਿਰ ਦੀ ਸ਼ਾਨ ਨੂੰ ਬਰਕਰਾਰ ਰੱਖਣ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਵਿਗਾੜਨ ਜਾਂ ਪਲੀਤ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੇ ਹੱਕਾਂ ਦੀ ਲੜਾਈ ਹੈ ਅਤੇ ਇਸ ਨੂੰ ਕਿਸੇ ਵੀ ਬਾਹਰੀ ਤਾਕਤ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।