ਹੁਸ਼ਿਆਰਪੁਰ| ਦਸੂਹਾ ਵਿੱਚ ਦਿਨ ਚੜ੍ਹਦਿਆਂ ਹੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਵਿੱਚ ਦੋ ਭਰਾਵਾਂ ਸਣੇ ਇੱਕ ਵਿਦਿਆਰਥੀ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਸਨ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਇਹ ਹਾਦਸਾ ਦਸੂਹਾ-ਮਿਆਣੀ ਓਵਰਬ੍ਰਿਜ ‘ਤੇ ਵਾਪਰਿਆ ਹੈ, ਜਿੱਥੇ ਉਨ੍ਹਾਂ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ । ਇਸ ਘਟਨਾ ਦੋ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਦੱਸ ਦੇਈਏ ਕਿ ਇਸ ਸੜਕੀ ਹਾਦਸੇ ਵਿੱਚ ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਸੁਭਾਸ਼ ਪੁੱਤਰ ਰਣਜੀਤ ਦਾਸ, ਨਵਦੀਪ ਸਿੰਘ ਪੁੱਤਰ ਹਰਦੀਪ ਸਿੰਘ, ਨਵਦੀਪ ਦਾ ਭਰਾ ਪ੍ਰਭਦੀਪ ਸਿੰਘ ਵਜੋਂ ਹੋਈ ਹੈ, ਜਦਕਿ ਰੋਹਿਤ ਵਾਸੀ ਮਰਾਸਗੜ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਿਕਮਜੀਤ ਸਿੰਘ ਨੇ ਦੱਸਿਆ ਕਿ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਟਰੱਕ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।