ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਵਿਚ 16 ਸਾਲ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਸੰਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਸੁਖਜੀਤ ਸਿੰਘ ਵਾਸੀ ਲੱਖਾ ਸਿੰਘ ਵਾਲਾ ਹਿਠਾੜ ਨੇ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਵੱਖ-ਵੱਖ ਮੋਟਰਸਾਈਕਲਾਂ ’ਤੇ ਜਾ ਰਹੇ ਸਨ। ਜਦੋਂ ਦੋਵੇਂ ਮਮਦੋਟ ਦਾਣਾ ਮੰਡੀ ਨੇੜੇ ਪੁੱਜੇ ਤਾਂ ਗੁਰਵਿੰਦਰ ਸਿੰਘ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾ ਕੇ ਉਸ ਦੇ ਲੜਕੇ ਸੰਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸੇ ਵਿਚ ਸੰਦੀਪ ਦੀ ਮੌਤ ਹੋ ਗਈ।
ਪਿਤਾ ਦੀ ਸ਼ਿਕਾਇਤ ’ਤੇ ਮਮਦੋਟ ਪੁਲਿਸ ਨੇ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਕੜਮਾ ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸੁਖਜੀਤ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਹੋਣ ਕਾਰਨ ਉਸ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਥਾਣਾ ਮਮਦੋਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।