ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਕਸੂਤੇ ਫਸੇ, ਲਾਲ ਕਿਲ੍ਹੇ ‘ਤੇ ਕੇਸਰੀ ਨਿਸ਼ਾਨ ਲਹਿਰਾਉਣ ਸਮੇਂ ਦੀਪ ਸਿੱਧੂ ਦੀ ਵੀਡੀਓ ‘ਚ ਆਏ ਨਜ਼ਰ

0
1706

ਚੰਡੀਗੜ੍ਹ | ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਉਹ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹੇ  ‘ਤੇ ਹੋਈ ਹਿੰਸਾ ਦੇ ਸਮੇਂ ਵੀ ਮੌਜੂਦ ਸੀ। ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਦੀਪ ਸਿੱਧੂ ਦੀ ਵੀਡੀਓ ਵਿੱਚ ਨਜ਼ਰ ਆਏ ਹਨ। ਉਸੇ ਦਿਨ ਤਿਰੰਗੇ ਦੀ ਬਜਾਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਸੀ।

ਜਿਸ ਤੋਂ ਬਾਅਦ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਵੀਡੀਓ ਨੂੰ ਟਵੀਟ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਹਾਲਾਂਕਿ ਮੰਤਰੀ ਵੱਲੋਂ ਇਸ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਵੀਡੀਓ ਟਵੀਟ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਲਾਲ ਕਿਲੇ ‘ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ‘ਚ ਦੀਪ ਸਿੱਧੂ ਨਾਲ ਉਨ੍ਹਾਂ ਦਾ ਟਰਾਂਸਪੋਰਟ ਮੰਤਰੀ ਸ਼ਾਮਲ ਸੀ ਜਾਂ ਨਹੀਂ। ਜੇਕਰ ਹਾਂ, ਤਾਂ ਕੀ ਸਾਡੇ ਮੁੱਖ ਮੰਤਰੀ ਉਸ ਨੂੰ ਰਾਸ਼ਟਰ ਵਿਰੋਧੀ ਕਹਿ ਕੇ ਆਪਣੀ ਕੈਬਨਿਟ ਵਿੱਚ ਰੱਖਣਗੇ?