ਜਲੰਧਰ | ਐਸ.ਐਚ.ਓ. ‘ਤੇ ਕੀਤੇ ਗਏ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਹਮਲਾਵਾਰਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੂਜੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਤ ਦੇ ਕਰਫ਼ਿਊ ਦੌਰਾਨ ਐਸ.ਐਚ.ਓ. ਭਗਵੰਤ ਸਿੰਘ ਵੱਲੋਂ ਭਾਰਗੋ ਨਗਰ ਵਿਖੇ ਐਤਵਾਰ ਨੂੰ ਸਵੇਰੇ ਤੜਕੇ ਗਸ਼ਤ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਦੇਖਿਆ ਕਿ ਕੁਝ ਨੌਜਵਾਨ ਉਥੇ ਖੜ੍ਹੇ ਸਨ। ਜਦੋਂ ਐਸ.ਐਚ.ਓ.ਵੱਲੋਂ ਉਨ੍ਹਾਂ ਪਾਸੋਂ ਕਰਫ਼ਿਊ ਦੌਰਾਨ ਇਥੇ ਖੜ੍ਹੇ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਅਫ਼ਸਰ ਅਤੇ ਉਸ ਦੀ ਸੁਰੱਖਿਆ ‘ਤੇ ਹਮਲਾ ਕਰ ਦਿੱਤਾ।
ਕਮਿਸ਼ਨਰ ਨੇ ਦੱਸਿਆ- ਐਸ.ਐਚ.ਓ. ਵਲੋਂ ਕੰਟਰੋਲ ਰੂਮ ਨੂੰ ਸੂਚਿਤ ਕਰਨ ‘ਤੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਦੋ ਨੌਜਵਾਨਾਂ ਮਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਦੋ ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ।
ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਦੀ ਦੇਖ-ਰੇਖ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਇਨਾਂ ਮੁਲਜ਼ਮਾਂ ਖਿਲਾਫ਼ ਤੇਜ਼ੀ ਨਾਲ ਮੁਕੱਦਮਾ ਚਲਾਉਣ ਤੋਂ ਇਲਾਵਾ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।