ਚੰਡੀਗੜ੍ਹ | ਸੂਬੇ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂ.ਕੇ. ਦੇ ਕੋਵਿਡ ਦੀ ਕਿਸਮ ਨਿਕਲੀ ਹੈ।

ਇਹ ਖੁਲਾਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਟੀਕਾਕਰਣ ਵਿੱਚ 60 ਵਰੇ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇ। ਇਹ ਵਾਇਰਸ ਨੌਜਵਾਨ ਲੋਕਾਂ ਨੂੰ ਜਿਆਦਾ ਪ੍ਰਭਾਵਿਤ ਕਰ ਰਿਹਾ ਹੈ।

ਤਾਜ਼ਾ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ- ਮਾਹਿਰਾਂ ਵੱਲੋਂ ਮੌਜੂਦਾ ਕੋਵੀਸ਼ੀਲਡ ਦਵਾਈ ਨੂੰ ਯੂ.ਕੇ. ਦੇ ਵਾਇਰਸ ਬੀ.1.1.7 ਲਈ ਵੀ ਬੇਹੱਦ ਕਾਰਗਰ ਪਾਇਆ ਗਿਆ ਹੈ। ਇਸ ਲਈ ਇਸ ਵਾਇਰਸ ਦੇ ਫੈਲਾਅ ਦੀ ਲੜੀ ਤੋੜਨ ਲਈ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਣਾ ਜ਼ਰੂਰੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਕਿ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ।

ਸੂਬੇ ਵਿੱਚ ਬੀਤੇ ਕੁਝ ਹਫ਼ਤਿਆਂ ਦੌਰਾਨ ਕੋਵਿਡ-19 ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਵੱਡੇ ਪੱਧਰ ’ਤੇ ਵਾਧਾ ਹੋਇਆ ਹੈ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਲਈ 478 ਕੋਵਿਡ-19 ਪਾਜ਼ੇਟਿਵ ਨਮੂਨੇ ਐਨ.ਆਈ.ਬੀ., ਆਈ.ਜੀ.ਆਈ.ਬੀ. ਅਤੇ ਐਨ.ਸੀ.ਡੀ.ਸੀ. ਨੂੰ ਭੇਜੇ ਗਏ ਸਨ। ਇਨਾਂ ਵਿੱਚੋਂ 90 ਨਮੂਨਿਆਂ ਦੇ ਨਤੀਜੇ ਆ ਗਏ ਹਨ ਜਿਨਾਂ ਵਿੱਚੋਂ ਸਿਰਫ਼ ਦੋ ਨਮੂਨਿਆਂ ਵਿੱਚ ਹੀ ਐਨ440ਕੇ ਕਿਸਮ ਪਾਈ ਗਈ ਹੈ।

ਇਸ ਮਗਰੋਂ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਇਕ ਟੀਮ ਨੇ ਪਾਜ਼ੀਟਿਵ ਦਰ ਵਿੱਚ ਵਾਧੇ ਦੀ ਸਮੀਖਿਆ ਕਰਨ ਲਈ ਸੂਬੇ ਦਾ ਦੌਰਾ ਕੀਤਾ।

ਟੀਮ ਨੂੰ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਦੇ ਬਾਕੀ ਰਹਿੰਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮਗਰੋਂ 401 ਨਮੂਨੇ, ਜੋ ਕਿ 1 ਜਨਵਰੀ, 2021 ਤੋਂ ਲੈ ਕੇ 10 ਮਾਰਚ, 2021 ਤੱਕ ਲਏ ਗਏ ਸਨ, ਐਨ. ਸੀ. ਡੀ. ਸੀ. ਨੂੰ ਭੇਜੇ ਗਏ ਤਾਂ ਜੋ ਇਸ ਵਾਇਰਸ ਦੇ ਸਰੂਪ ਦਾ ਪੱਧਰ ਪਤਾ ਕੀਤਾ ਜਾ ਸਕੇ।

ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਨਾਂ ਨਮੂਨਿਆਂ ਦੇ ਨਤੀਜੇ ਚਿੰਤਾਜਨਕ ਸਨ ਕਿਉਂਕਿ 326 ਕੋਵਿਡ ਨਮੂਨਿਆਂ ਵਿੱਚ ਬੀ.1.1.7 ਕਿਸਮ ਦੀ ਮੌਜੂਦਗੀ ਪਾਈ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਡਾ. ਤਲਵਾੜ ਨੇ ਜਾਣਕਾਰੀ ਦਿੱਤੀ ਹੈ ਕਿ ਯੂ.ਕੇ. ਦੀ ਇਹ ਕਿਸਮ ਬੀ.1.1.7 ਜ਼ਿਆਦਾ ਸੰਕਰਮਿਤ ਹੈ ਪਰ ਜ਼ਿਆਦਾ ਜ਼ਹਿਰੀਲੀ ਨਹੀਂ ਹੈ। ਆਕਸਫੋਰਡ (ਕੋਵੀਸ਼ੀਲਡ) ਦੀ ਦਵਾਈ ਯੂ.ਕੇ. ਦੀ ਇਸ ਨਵੀਂ ਕਿਸਮ ਲਈ ਪੂਰੀ ਤਰਾਂ ਕਾਰਗਰ ਹੈ।

ਧਿਆਨਦੇਣ ਯੋਗ ਹੈ ਕਿ ਬੀ. 1. 1.7 ਕਿਸਮ ਹੁਣ ਦੁਨੀਆ ਦੇ ਕਈ ਹਿੱਸਿਆਂ ਵਿੱਚ ਫੈਲ ਗਈ ਹੈ ਅਤੇ ਯੂ.ਕੇ. ਵਿੱਚ ਇਸ ਦੇ 98 ਫੀਸਦੀ ਤੇ ਸਪੇਨ ਵਿੱਚ 90 ਫੀਸਦੀ ਨਵੇਂ ਮਾਮਲੇ ਹਨ। ਯੂ.ਕੇ. ਦੀ ਸਰਕਾਰ ਨੇ ਕਿਹਾ ਹੈ ਕਿ ਮੂਲ ਵਾਇਰਸ ਤੋਂ ਇਹ ਨਵੀਂ ਕਿਸਮ 70 ਫੀਸਦੀ ਤੱਕ ਵੱਧ ਫੈਲਣਯੋਗ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)