ਸਰਬਸੰਮਤੀ ਨਾਲ ਚੋਣ ਹੋਣਾ ਵਧੇਰੇ ਜ਼ਿੰਮੇਵਾਰੀ ਦਾ ਪ੍ਰਤੀਕ: ਹਰਜਿੰਦਰ ਸਿੰਘ ਧਾਮੀ

0
10

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਗਾਤਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੂੰ ਸਰਬਸੰਮਤੀ ਨਾਲ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਇਸ ਸੇਵਾ ਲਈ ਗੁਰੂ ਸਾਹਿਬ, ਸਮੂਹ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਧਾਮੀ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸਰਦਾਰ ਰਘੁਜੀਤ ਸਿੰਘ ਵਿਰਕ, ਸਰਦਾਰ ਗੁਰਬਖਸ਼ ਸਿੰਘ ਖਾਲਸਾ ਅਤੇ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਸਮੇਤ 11 ਮੈਂਬਰੀ ਟੀਮ ਚੁਣੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਚੁਣੌਤੀਆਂ ਭਰਿਆ ਹੋਵੇਗਾ, ਕਿਉਂਕਿ 2027 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ।

SGPC ਦੇ ਕੰਮਕਾਜ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸਰਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕਈ ਕੰਮ ਕੀਤੇ ਜਾ ਰਹੇ ਹਨ। ਆਈਏਐੱਸ, ਆਈਪੀਐੱਸ ਅਤੇ ਜੁਡੀਸ਼ੀਅਲ ਅਕੈਡਮੀਆਂ ਰਾਹੀਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਸੇਵਾ ਕੇਂਦਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਯੂਬਾ ਸਿਟੀ ਅਤੇ ਇੰਗਲੈਂਡ ਵਿੱਚ ਸੇਵਾ ਕੇਂਦਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ ਵਿਰੁੱਧ ਨਗਰ ਕੀਰਤਨ, ਅੰਮ੍ਰਿਤ ਸੰਚਾਰ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ।

ਵਾਇਰਲ ਵੀਡੀਓਜ਼ ਅਤੇ ਸੋਸ਼ਲ ਮੀਡੀਆ ’ਤੇ ਲੱਗ ਰਹੇ ਦੋਸ਼ਾਂ ਬਾਰੇ ਧਾਮੀ ਨੇ ਕਿਹਾ ਕਿ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ, ਤਾਂ ਜੋ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਜਾਂ ਗੋਲਕ ਦੀ ਚੋਰੀ ਦੇ ਮਾਮਲਿਆਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਬੇਅਦਬੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ਾਂ ਅਨੁਸਾਰ ਜਦੋਂ ਤੱਕ ਲੋੜੀਂਦੀਆਂ ਸੋਧਾਂ ਨਹੀਂ ਹੁੰਦੀਆਂ, ਉਦੋਂ ਤੱਕ ਐਕਟ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਖ-ਵੱਖ ਮਤਿਆਂ ਰਾਹੀਂ ਨਸ਼ਿਆਂ, ਜਨਰਲ ਚੋਣਾਂ, ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ, ਪੰਜਾਬੀ ਭਾਸ਼ਾ ਅਤੇ ਚੰਡੀਗੜ੍ਹ ਨਾਲ ਜੁੜੇ ਮੁੱਦੇ ਵੀ ਉਠਾਏ ਗਏ ਹਨ।