ਲੁਧਿਆਣਾ . ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਮਗਰੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਪੌਜ਼ੇਟਿਵ ਕੇਸਾਂ ਦੀ ਗਿਣਤੀ 1632 ਹੋ ਗਈ ਹੈ ਜਦੋਂਕਿ 39 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ‘ਤੇ ਪਾਬੰਦੀ ਹੋਵੇਗੀ। ਸਿਰਫ ਵਿਆਹ ਦੇ ਮੌਕੇ ‘ਤੇ ਹੀ 30 ਬੰਦੇ ਇਕੱਠੇ ਹੋ ਸਕਦੇ ਹਨ। ਇਸ ਤੋਂ ਬਿਨਾਂ ਰਾਤ ਦੇ ਸਮੇਂ ਵੀ ਘੁੰਮਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਰਾਤ ਨੂੰ ਅੱਠ ਵਜੇ ਤੋਂ ਬਾਅਦ ਵੀ ਦੁਕਾਨਾਂ ਨਾ ਖੋਲ੍ਹੀਆਂ ਜਾਣ। ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਵੱਧ ਰਹੇ ਪੌਜ਼ੇਟਿਵ ਮਾਮਲਿਆਂ ਸਬੰਧੀ ਇਹ ਸਖ਼ਤ ਹਦਾਇਤ ਕੀਤੀ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕੋਵਿਡ-19 ਸਬੰਧੀ ਜਾਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕਰਨ ਦੀਆਂ ਸਖ਼ਤ ਹਦਾਇਤਾ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਤੇ ਬਿਨਾਂ ਵਜ੍ਹਾ ਬਾਹਰ ਨਾ ਨਿਕਲਿਆ ਜਾਵੇ। ਅਜਿਹੀਆਂ ਉਲੰਘਣਾਵਾਂ ਕਰਨ ‘ਤੇ ਹੁਣ ਤੱਕ ਇੱਕ ਕਰੋੜ ਤੋਂ ਵਧੇਰੀ ਜ਼ੁਰਮਾਨਾ ਰਾਸ਼ੀ ਦੇ ਚਾਲਾਨ ਕੱਟੇ ਜਾ ਚੁੱਕੇ ਹਨ।