ਨਵੀਂ ਦਿੱਲੀ | ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚ ਕੋਈ ਖਾਲਿਸਤਾਨ ਲਹਿਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਜੋ ਵੀ ਸਥਿਤੀ ਹੈ, ਉਸ ’ਤੇ ਕੇਂਦਰ ਤਿੱਖੀ ਨਜ਼ਰ ਰੱਖ ਰਿਹਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਧੀਆ ਕੰਮ ਕੀਤਾ ਹੈ ਅਤੇ ਕੇਂਦਰ ਨੇ ਉਸ ਦਾ ਪੂਰਾ ਸਹਿਯੋਗ ਕੀਤਾ ਹੈ। ਅਮਿਤ ਸ਼ਾਹ ਬੈਂਗਲੁਰੂ ’ਚ ਇਕ ਮੀਡੀਆ ਕਾਂਕਲੇਵ ’ਚ ਬੋਲ ਰਹੇ ਸਨ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅਤੇ ਲੰਮੇਂ ਸਮੇਂ ਤੋਂ ਰੂਪੋਸ਼ ਹੋਣ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਮੰਤਰੀ ਨੇ ਕਿਹਾ,‘‘ਕਦੇ-ਕਦੇ ਅਜਿਹਾ ਹੁੰਦਾ ਹੈ। ਪਹਿਲਾਂ ਉਹ ਖੁਲ੍ਹੇਆਮ ਘੁੰਮਦਾ ਸੀ ਪਰ ਹੁਣ ਉਹ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਨਹੀਂ ਰੱਖ ਪਾ ਰਿਹਾ ਹੈ।’’
ਕੇਂਦਰੀ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਪੀ.ਐੱਮ. ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਭਾਰਤੀ ਹਾਈ ਕਮਿਸ਼ਨਾਂ ’ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਭਾਰਤੀ ਕਾਨੂੰਨਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਮਿਤ ਸ਼ਾਹ ਪਿਛਲੇ ਮਹੀਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਅਤੇ ਯੂ.ਕੇ. ਅਤੇ ਸੈਨ ਫਰਾਂਸਿਸਕੋ ’ਚ ਵਣਜ ਦੂਤਘਰ ’ਤੇ ਹੋਏ ਹਮਲੇ ਦਾ ਜ਼ਿਕਰ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਸਾਲ 19 ਮਾਰਚ ਨੂੰ ਖਾਲਿਸਤਾਨ ਦੇ ਝੰਡੇ ਫੜ ਕੇ ਪ੍ਰਦਰਸ਼ਨਕਾਰੀਆਂ ਨੇ ਲੰਡਨ ’ਚ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਚੋਂ ਇਕ ਦੂਤਘਰ ਦੀ ਬਾਲਕਨੀ ’ਤੇ ਚੜ੍ਹ ਗਿਆ ਅਤੇ ਭਾਰਤੀ ਰਾਸ਼ਟਰੀ ਝੰਡੇ ਨੂੰ ਹੇਠਾਂ ਖਿੱਚ ਲਿਆ ਸੀ।