ਜਲੰਧਰ਼| ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਗੁਰਦਾਸਪੁਰ ਦੀ ਦਾਣਾ ਮੰਡੀ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੌਰਾਨ ਸ਼ਾਹ ਕੇਂਦਰ ਸਰਕਾਰ ਦੇ ਨੌਂ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣਗੇ। ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਰੈਲੀ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਸਮੇਤ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਅਮਿਤ ਸ਼ਾਹ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਲੁਧਿਆਣਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਵੀ ਐਤਵਾਰ ਨੂੰ ਸੰਗਰੂਰ ਵਿੱਚ ਰੈਲੀ ਹੈ। ਇਸ ਲਈ ਪੁਲਿਸ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ। ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਿਆਮਾ ਨੇ ਸ਼ਨੀਵਾਰ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਪੁਲਿਸ ਹਰ ਚੀਜ਼ ‘ਤੇ ਨਜ਼ਰ ਰੱਖੇਗੀ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ।
ਦਰਅਸਲ, ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ‘ਤੇ ਕੌਮੀ ਇਨਸਾਫ਼ ਮੋਰਚਾ ਨੇ ਗ੍ਰਹਿ ਮੰਤਰੀ ਦੀ ਰੈਲੀ ‘ਚ ਦਾਖ਼ਲ ਹੋ ਕੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਕਈ ਦਿਨਾਂ ਤੋਂ ਪੋਸਟਰ ਵੰਡੇ ਜਾ ਰਹੇ ਹਨ।
ਮੋਰਚੇ ਦੇ ਆਗੂ ਅਤੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਬਠਿੰਡਾ ਸਥਿਤ ਰਿਹਾਇਸ਼ ਤੋਂ ਨਜ਼ਰਬੰਦ ਕਰ ਲਿਆ ਗਿਆ। ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।