ਲੰਪੀ ਸਕਿਨ ਤੋਂ ਬਚਾਅ ਲਈ ਸੂਬੇ ‘ਚ ਇਸ ਮਹੀਨੇ ਤੋਂ ਟੀਕਾਕਰਨ ਮੁਹਿੰਮ ਹੋਵੇਗੀ ਸ਼ੁਰੂ

0
1210
ਚੰਡੀਗੜ੍ਹ, 7 ਫਰਵਰੀ | ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਖੁੱਡੀਆਂ ਨੇ ਇਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਦੇ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬੀਮਾਰੀ ਦੇ ਕਿਸੇ ਵੀ ਸੰਭਾਵਿਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਸਾਲ ਦੇਸ਼ ਭਰ ਵਿਚ ਬੀਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।
ਖੁੱਡੀਆਂ ਨੇ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਇਕ ਫੁੱਲ ਪਰੂਫ ਵਿਧੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਇਆ ਜਾ ਸਕੇ।
ਏ.ਸੀ.ਐਸ. ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿਚ ਮੂੰਹਖੁਰ ਦੀ ਬੀਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।
ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।