ਵਿਜੀਲੈਂਸ ਨੇ 10 ਹਜ਼ਾਰ ਰਿਸ਼ਵਤ ਲੈਂਦਾ ASI ਕੀਤਾ ਗ੍ਰਿਫਤਾਰ, ਝਗੜੇ ਦੇ ਕੇਸ ‘ਚ ਮਦਦ ਬਦਲੇ ਮੰਗੇ ਸਨ ਪੈਸੇ

0
94

ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਚ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿਚ ਜ਼ਮਾਨਤ ਕਰਵਾਉਣ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60 ਹਜ਼ਾਰ ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ