ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲੇ ਵਿਚ ਮਿਲੀਭੁਗਤ ਨਾਲ ਠੇਕੇਦਾਰਾਂ ਵਲੋਂ ਅਨਾਜ ਮੰਡੀਆਂ ਵਿਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸ਼ਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਠੇਕੇਦਾਰ ਦਵਿੰਦਰ ਸਿੰਘ ਵਾਸੀ ਨੰਦੇਆਣਾ ਗੇਟ, ਫ਼ਰੀਦਕੋਟ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਫਿਰੋਜ਼ਪੁਰ ਅਤੇ ਮਮਦੋਟ ਦੀਆਂ ਅਨਾਜ ਮੰਡੀਆਂ ਵਿਚ ਹੋਈ ਇਸ ਧੋਖਾਧੜੀ ਦੀ ਜਾਂਚ ਕਰਨ ਉਪਰੰਤ ਉਕਤ ਮੁਲਜ਼ਮ ਠੇਕੇਦਾਰਾਂ ਖਿਲਾਫ ਥਾਣਾ ਵਿਜੀਲੈਂਸ, ਫਿਰੋਜ਼ਪੁਰ ਵਿਖੇ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ (2) ਤਹਿਤ ਐਫ.ਆਈ.ਆਰ. 24 ਮਿਤੀ 27-10-2022 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਚਾਲੂ ਵਿਤੀ ਵਰ੍ਹੇ 2022-2023 ਦੌਰਾਨ ਉਪਰੋਕਤ ਦਾਣਾ ਮੰਡੀਆਂ ਵਿਚ ਕਣਕ/ਸਟਾਕ ਬਾਰੇ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਉਪਰੋਕਤ ਠੇਕੇਦਾਰਾਂ ਨੇ ਮਾਲ ਦੀ ਢੋਆ-ਢੁਆਈ ਲਈ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਬਾਰੇ ਟੈਂਡਰ ਭਰਨ ਸਮੇਂ ਸੂਚੀਆਂ ਨੱਥੀ ਕੀਤੀਆਂ ਸਨ, ਜਿਨ੍ਹਾਂ ਦੀ ਵਿਜੀਲੈਂਸ ਬਿਊਰੋ ਦੁਆਰਾ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਤੋਂ ਤਸਦੀਕ ਕਰਵਾਈ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਸੂਚੀਆਂ ਵਿਚ ਮੋਟਰਸਾਈਕਲਾਂ, ਜੀਪਾਂ, ਟਰੈਕਟਰਾਂ ਆਦਿ ਕਈ ਗੈਰ-ਪ੍ਰਮਾਣਿਤ ਵਹੀਕਲਾਂ ਦੇ ਰਜਿਸਟ੍ਰੇਸ਼ਨ ਨੰਬਰ ਨੱਥੀ ਕੀਤੇ ਗਏ ਸਨ, ਜਦਕਿ ਅਜਿਹੇ ਵਾਹਨਾਂ ‘ਤੇ ਅਨਾਜ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ ਸੀ।