ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਜਾਇਜ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ.ਐਸ.ਆਈ ਵਲੋ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਇਸੇ ਤਰ੍ਹਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਜੈਤੋ, ਫਰੀਦਕੋਟ ਵਿਖੇ ਤਾਇਨਾਤ ਖਪਤਕਾਰ ਕਲਰਕ ਬਲਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਸਾਦਾ ਪੱਤੀ, ਜਿਲਾ ਫਰੀਦਕੋਟ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਲਰਕ ਵਲੋ ਉਸ ਦਾ ਟਿਊਬਵੇਲ ਸ਼ਿਫਟ ਕਰਨ ਵਿਚ ਮਦਦ ਕਰਨ ਬਦਲੇ 2000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਉਨਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।