ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਮੁੜ ਮੁਹਾਲੀ ਸਥਿਤ ਦਫ਼ਤਰ ਵਿਚ ਤਲਬ ਕੀਤਾ ਹੈ। ਉਨ੍ਹਾਂ ਨੂੰ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਦੇ ਅਫ਼ਸਰਾਂ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14 ਅਪ੍ਰੈਲ ਨੂੰ ਚੰਨੀ ਨੂੰ ਪੁੱਛਗਿੱਛ ਲਈ ਸੱਦਿਆ ਸੀ ਤੇ ਅਫ਼ਸਰਾਂ ਨੇ ਉਨ੍ਹਾਂ ਨੂੰ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ ਅਤੇ ਸੰਪਤੀਆਂ ਸਬੰਧੀ ਹੋਰ ਜਾਣਕਾਰੀ ਦੇਣ ਲਈ ਕਿਹਾ ਸੀ।

ਦਰਅਸਲ ਵਿਜੀਲੈਂਸ ਬਿਊਰੋ ਚੰਨੀ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਬਕਾ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਗਈ ਹੈ।