ਜਲੰਧਰ. ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਕੇ ਦੂਸਰਿਆਂ ਦੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਪੁਰਸ਼ ਜਾਂ ਮਹਿਲਾ ਖਿਲਾਫ਼ ਤੁਰੰਤ ਐਫ.ਆਈ.ਆਰ.ਦਰਜ ਕਰਕੇ ਸੰਸਥਾਗਤ ਕੁਆਰੰਟੀਨ ਵਿੱਚ ਤਬਦੀਲ ਕੀਤਾ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਜਿਨਾਂ ਲੋਕਾਂ ਨੂੰ ਟੈਸਟ ਤੋਂ ਬਾਅਦ ਹੋਮ ਕੁਆਰੰਟੀਨ ਕੀਤਾ ਗਿਆ ਹੈ ਨੂੰ ਅਪਣੇ ਘਰਾਂ ਤੋਂ ਬਾਹਰ ਆਉਣ ਦੀ ਇਜ਼ਾਜ਼ਤ ਨਹੀਂ ਹੈ। ਥੋਰੀ ਨੇ ਕਿਹਾ ਕਿ ਜੇਕਰ ਕੋਈ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਹੋਮ ਕੁਆਰੰਟੀਨ ਦੀ ਉਲੰਘਣਾ ਨੂੰ ਸਖ਼ਤੀ ਨਾਲ ਰੋਕਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ 696 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਪ੍ਰੋਟੋਕਾਲ ਨੂੰ ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਦੀ ਰਣਨੀਤੀ ਤਹਿਤ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋ ਲੋਕ ਬਾਹਰੋਂ ਆਏ ਹਨ ਅਤੇ ਉਨ੍ਹਾਂ ਵਿੱਚ ਵਾਇਰਸ ਦੇ ਲੱਛਣ ਦਿਖਾਈ ਦਿੰਦੇ ਹਨ ਉਨਾਂ ਨੂੰ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੋਮ ਕੁਆਰੰਟੀਨ ਵਿੱਚ ਰੱਖਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੋ ਲੋਕ ਹੋਮ ਕੁਆਰੰਟੀਨ ਦੀ ਉਲੰਘਣਾ ਕਰਕੇ ਘਰੋਂ ਬਾਹਰ ਆ ਕੇ ਦੂਸਰੇ ਲੋਕਾਂ ਦੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਣਗੇ ਉਨਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਐਫ.ਆਈ.ਆਰ.ਦਰਜ਼ ਕਰਕੇ ਤੁਰੰਤ ਸੰਸਥਾਗਤ ਕੁਆਰੰਟੀਨ ਸਹੂਲਤਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਅਤੇ ਹੋਰ ਵੀ ਹਾਜਰ ਸਨ।