ਰਾਜਪੁਰਾ, 7 ਸਤੰਬਰ| ਕਾਂਗਰਸ ਪਾਰਟੀ ਵੱਲੋਂ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਰੱਖੇ ਗਏ ਸਮਾਰੋਹ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ, ਜਿਨ੍ਹਾਂ ਵੱਲੋਂ ਇੱਕ ਨਿੱਜੀ ਪੈਲੇਸ ਵਿੱਚ ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਰੱਖੇ ਇਕੱਠ ਦੌਰਾਨ ਚਰਚਾ ਪੰਜਾਬ ਦੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ਼, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ,ਸਾਬਕਾ ਸੀHਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ, ਕੌਸਲਰ ਜਗਨੰਦਨ ਗੁਪਤਾ, ਗੁਰਪ੍ਰੀਤ ਸਿੰਘ ਬਿੱਟੂ ਨਲਾਸ, ਸੁਖਵਿੰਦਰ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਅੱਜ ਚਰਚਾ ਪੰਜਾਬ ਦੀ ਪ੍ਰੋਗਰਾਮ ਦੀ ਸ਼ੁਰੂਆਤ ਰਾਜਪੁਰਾ ਤੋਂ ਕੀਤੀ ਗਈ ਹੈ, ਇਸ ਤੋਂ ਪਹਿਲਾਂ ਵੀ ਇੱਕ ਪ੍ਰੋਗਰਾਮ ਦੀ ਸ਼ੁਰੂਆਤ ਇਥੋਂ ਹੀ ਕੀਤੀ ਗਈ ਸੀ, ਜਿਸ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ।

ਉਨ੍ਹਾਂ ਕਿਹਾ ਕਿ ਹਰਦਿਆਲ ਸਿੰਘ ਕੰਬੋਜ ਦੇ ਨੁਕਤੇ ਪਾਰਟੀ ਲਈ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਸਰ ਵੱਡੇ ਇਕੱਠਾ ਦੌਰਾਨ ਲੀਡਰ ਆਪਣਾ ਭਾਸ਼ਣ ਕਰਕੇ ਚਲੇ ਜਾਂਦੇ ਹਨ ਪਰ ਵਰਕਰਾਂ ਦੇ ਮਨਾਂ ਵਿੱਚ ਸਵਾਲ ਦੱਬ ਕੇ ਰਹਿ ਜਾਂਦੇ ਹਨ। ਪਰ ਉਹ ਅੱਜ ਵਰਕਰਾਂ ਦੇ ਦਿਲਾਂ ਦੀ ਆਵਾਜ਼ ਸੁਣਨ ਲਈ ਪਹੁੰਚੇ ਹਨ। ਇਸ ਤੋਂ ਬਾਅਦ ਪੰਜਾਬ ਸੂਬੇ ਅੰਦਰ 117 ਵਿਧਾਨ ਸਭਾ ਹਲਕਿਆਂ ਵਿੱਚ ਚਰਚਾ ਪੰਜਾਬ ਦੀ ਤਹਿਤ ਵਰਕਰ ਮਿਲਣੀ ਪ੍ਰੋਗਰਾਮ ਕੀਤੇ ਜਾਣੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁਝ ਦਿਨ ਪਹਿਲਾਂ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ‘ਤੇ ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਹੁਣ ਚਾਹੇ ਕਿਸੇ ਨਾਲ ਵੀ ਮਿਲ ਲੈਣ ਪ੍ਰੰਤੂ ਹੁਣ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਲਈ ਰਾਹ ਮੁਕੰਮਲ ਬੰਦ ਹੋ ਚੁੱਕਿਆ ਹੈ। ਅਸੀਂ ਕਿਸੇ ਛੱਲੀਆਂ ਵੇਚਣ ਵਾਲੇ ਜਾਂ ਆਮ ਵਿਅਕਤੀ ਨੂੰ ਪਾਰਟੀ ਵਿੱਚ ਲੈ ਲਵਾਂਗੇ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐਨਐਸਯੂਆਈ ਦੇ ਆਗੂ ਦੀ ਹੋਈ ਜਿੱਤ ਉਤੇ ਖੁਸ਼ੀ ਪ੍ਰਗਟ ਕਰਦਿਆਂ ਵੜਿੰਗ ਨੇ ਕਿਹਾ ਕਿ ਉਥੇ ਆਪ, ਭਾਜਪਾ ਤੇ ਅਕਾਲੀ ਦਲ ਦਾ ਕਿਸੇ ਵੀ ਸੀਟ ਉਤੇ ਖਾਤਾ ਵੀ ਨਹੀਂ ਖੁੱਲ੍ਹਿਆ। ਜਿਸ ਤੋਂ ਜਾਪਦਾ ਹੈ ਕਿ ਨੌਜਵਾਨ ਵਰਗ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹੈ। ਇਸ ਮੌਕੇ ਰਾਜਾ ਵੜਿੰਗ ਵੱਲੋਂ ਪੰਡਾਲ ਵਿੱਚ ਹਰੇਕ ਵਰਕਰ ਕੋਲ ਜਾ ਕੇ ਉਨ੍ਹਾਂ ਦੇ ਵਿਚਾਰ ਵੀ ਸੁਣੇ ਗਏ।