ਚੰਡੀਗੜ੍ਹ। ਮੌਸਮ ਵਿਭਾਗ ਮੁਤਾਬਕ 29 ਅਤੇ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਦੇ ਨਾਲ ਠੰਡ ਕਾਫੀ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਬਾਵਜੂਦ ਘੱਟ ਤੋਂ ਘੱਟ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਅਗਲੇ 24 ਘੰਟੇ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਉਪਰੰਤ ਮੁੜ ਠੰਢ ਵਧ ਸਕਦੀ ਹੈ ਕਿਉਂਕਿ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈੈ।ਮੀਂਹ ਪੈਣ ਦੇ ਕਾਰਨ ਕਾਰਨ ਤਾਪਮਾਨ ਦੇ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਜੰਮੂ ਕਸ਼ਮੀਰ, ਲੇਹ ਲੱਦਾਖ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਦੋ ਦਿਨਾਂ ਲਈ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਦੇ ਅਨੁਸਾਰ, 31 ਜਨਵਰੀ ਤੋਂ 4 ਫਰਵਰੀ ਤੱਕ ਦਿੱਲੀ-ਐਨਸੀਆਰ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਜਾਫਰਾਬਾਦ, ਸਫਦਰਜੰਗ, ਨਜਫਗੜ੍ਹ, ਦਵਾਰਕਾ, ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਪਾਲਮ ਅਤੇ ਵਸੰਤ ਕੁੰਜ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ ਹੈ।