ਚੰਡੀਗੜ੍ਹ, 22 ਸਤੰਬਰ | ਸੋਸ਼ਲ ਮੀਡੀਆ ‘ਤੇ ਭਾਰਤ ਦਾ ਵਿਵਾਦਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿਚਾਲੇ ਉਸ ਦਾ India Tour ਵੀ ਰੱਦ ਹੋ ਗਿਆ। ਇਸ ਮਗਰੋਂ ਹੁਣ ਪੰਜਾਬੀ ਗਾਇਕ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸ਼ੁੱਭ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਉਹ ਇਸ ਦੌਰੇ ਲਈ ਕਾਫ਼ੀ ਉਤਸ਼ਾਹਿਤ ਸੀ ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਉਸ ਦੀ ਮਿਹਨਤ ਨੂੰ ਢਾਹ ਲਗਾ ਦਿੱਤੀ ਹੈ। ਸ਼ੁੱਭ ਨੇ ਇਹ ਵੀ ਕਿਹਾ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਨਾ ਕਿਹਾ ਜਾਵੇ।
ਸ਼ੁੱਭ ਨੇ ਇੰਸਟਾਗ੍ਰਾਮ ‘ਤੇ ਲਿਖਿਆ, “ਪੰਜਾਬ, ਭਾਰਤ ਦੇ ਇਕ ਨੌਜਵਾਨ ਰੈਪਰ-ਗਾਇਕ ਵਜੋਂ ਆਪਣੇ ਸੰਗੀਤ ਨੂੰ ਅੰਤਰਰਾਸ਼ਟਰੀ ਮੰਚ ‘ਤੇ ਲਿਆਉਣਾ ਮੇਰੀ ਜ਼ਿੰਦਗੀ ਦਾ ਸੁਪਨਾ ਸੀ ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਮੇਰੀ ਮਿਹਨਤ ਅਤੇ ਤਰੱਕੀ ਨੂੰ ਢਾਹ ਲਾਈ ਹੈ ਅਤੇ ਮੈਂ ਆਪਣੀ ਨਿਰਾਸ਼ਾ ਅਤੇ ਦੁੱਖ ਨੂੰ ਪ੍ਰਗਟ ਕਰਨ ਲਈ ਕੁਝ ਸ਼ਬਦ ਕਹਿਣਾ ਚਾਹੁੰਦਾ ਸੀ। ਮੈਂ ਭਾਰਤ ਵਿਚ ਆਪਣੇ ਦੌਰੇ ਦੇ ਰੱਦ ਹੋਣ ਨਾਲ ਬਹੁਤ ਨਿਰਾਸ਼ ਹਾਂ। ਮੈਂ ਪਿਛਲੇ 2 ਮਹੀਨਿਆਂ ਤੋਂ ਆਪਣੇ ਦਿਲ ਅਤੇ ਆਤਮਾ ਨਾਲ ਅਭਿਆਸ ਕਰ ਰਿਹਾ ਸੀ ਪਰ ਕਿਸਮਤ ਦੀਆਂ ਕੁਝ ਹੋਰ ਹੀ ਯੋਜਨਾਵਾਂ ਸਨ।”
ਸ਼ੁੱਭ ਨੇ ਅੱਗੇ ਲਿਖਿਆ, “ਭਾਰਤ ਮੇਰਾ ਵੀ ਦੇਸ਼ ਹੈ। ਮੇਰਾ ਜਨਮ ਇੱਥੇ ਹੋਇਆ ਸੀ। ਇਹ ਮੇਰੇ ਗੁਰੂਆਂ ਅਤੇ ਮੇਰੇ ਪੁਰਖਿਆਂ ਦੀ ਧਰਤੀ ਹੈ, ਜਿਨ੍ਹਾਂ ਨੇ ਇਸ ਧਰਤੀ ਦੀ ਆਜ਼ਾਦੀ, ਸ਼ਾਨ ਅਤੇ ਪਰਿਵਾਰ ਲਈ ਕੁਰਬਾਨੀਆਂ ਦੇਣ ਲੱਗਿਆਂ ਅੱਖ ਝਪਕਣ ਤਕ ਦਾ ਸਮਾਂ ਵੀ ਨਹੀਂ ਲਗਾਇਆ। ਪੰਜਾਬ ਮੇਰੀ ਰੂਹ ਹੈ, ਪੰਜਾਬ ਮੇਰੇ ਖ਼ੂਨ ਵਿਚ ਹੈ। ਮੈਂ ਅੱਜ ਜੋ ਵੀ ਹਾਂ, ਪੰਜਾਬੀ ਹੋਣ ਕਰਕੇ ਹਾਂ।
ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ। ਇਤਿਹਾਸ ਦੇ ਹਰ ਮੋੜ ‘ਤੇ ਪੰਜਾਬੀਆਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਲਈ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਕਹਿਣ ਤੋਂ ਗੁਰੇਜ਼ ਕੀਤਾ ਜਾਵੇ।”