ਕੀ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵੀ ਦੇਣਗੇ ਅਸਤੀਫਾ?

0
2390

ਚੰਡੀਗੜ੍ਹ . ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਕਸੂਤੇ ਘਿਰ ਗਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਕੀਤੀ ਸਖਤ ਕਾਰਵਾਈ ਮਗਰੋਂ ਸਵਾਲ ਉੱਠੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਲਈ ਬਰਾਬਰ ਜ਼ਿੰਮੇਵਾਰ ਹਨ। ਇਸ ਲਈ ਉਨ੍ਹਾਂ ਨੂੰ ਵੀ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁੱਦੇ ’ਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਕੀਤੀ ਕਾਰਵਾਈ ਨੂੰ ਅਧੂਰਾ ਦੱਸਦਿਆਂ ਕਿਹਾ ਕਿ ਮੁੱਖ ਸਕੱਤਰ ਡਾ. ਰੂਪ ਸਿੰਘ ਵਾਂਗ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਦਲ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਇਲਜ਼ਾਮ ਲਾਇਆ ਕਿ ਕਮੇਟੀ ਦੇ ਅਧਿਕਾਰੀਆਂ ਨੇ ਪਾਵਨ ਸਰੂਪਾਂ ਦਾ ਵਪਾਰ ਕੀਤਾ ਹੈ, ਜਿਸ ਲਈ ਉਹ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਦੀਆਂ ਨਿਗਾਹਾਂ ’ਚ ਗੁਨਾਹਗਾਰ ਹਨ।

ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਦੇ ਤਤਕਾਲੀ ਮੁਲਜ਼ਮਾਂ ਨੂੰ ਪੁਲਿਸ ਹਵਾਲੇ ਕੀਤਾ ਜਾਵੇ ਤਾਂ ਜੋ ਹੋਰਨਾਂ ਆਗੂਆਂ ਦੀ ਕਥਿਤ ਸ਼ਮੂਲੀਅਤ ਦਾ ਖੁਲਾਸਾ ਹੋ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਧਾਨ ਨੂੰ ਸੰਸਥਾ ਦੀ ਇਸ ਨਿੱਘਰਦੀ ਹਾਲਾਤ ਲਈ ਜ਼ਿੰਮੇਵਾਰੀ ਕਬੂਲਦਿਆਂ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਲਈ ਕਥਿਤ ਜ਼ਿੰਮੇਵਾਰ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਪੰਥਕ ਤਾਲਮੇਲ ਮੰਚ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਮਾਮਲੇ ’ਚ ਰਿਪੋਰਟ ਜਨਤਕ ਹੋਣ ਤੱਕ ਇਹ ਅਧੂਰੀ ਕਾਰਵਾਈ ਹੈ। ਕਿਉਂਕਿ ਇਹ ਜਾਣਨਾ ਜ਼ਰੂਰੀ ਹੈ ਕਿ ਰਿਪੋਰਟ ਮੁਤਾਬਕ ਕਾਰਵਾਈ ਹੋਈ ਹੈ ਜਾਂ ਰਿਪੋਰਟ ਹੀ ਅਹਿਮ ਪਹਿਲੂਆਂ ’ਤੇ ਚੁੱਪ ਹੈ। ਕੰਵਲਜੀਤ ਨੂੰ ਪਾਈ ਗਈ ਰਕਮ ਦਾ ਹਿਸਾਬ ਤੇ ਸਰੂਪ ਕਿੱਥੇ ਤੇ ਕਿਸ ਹਾਲਤ ’ਚ ਹਨ, ਆਦਿ ਸਵਾਲ ਅਜੇ ਅਣਸੁਲਝੇ ਹਨ। ਸਹਿ-ਕਨਵੀਨਰ ਐਡਵੋਕੇਟ ਜਸਵਿੰਦਰ ਸਿੰਘ ਤੇ ਕੋਰ ਕਮੇਟੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਹੀ ਮੁਲਜ਼ਮ ਠਹਿਰਾਉਣ ਦੀ ਪ੍ਰਕਿਰਿਆ ਰਾਹੀਂ ਮਸਲੇ ਨੂੰ ਦਿਸ਼ਾਹੀਣ ਕੀਤਾ ਜਾ ਰਿਹਾ ਹੈ। ਜਦੋਂਕਿ ਮੌਕੇ ਦੀ ਅੰਤ੍ਰਿਗ ਕਮੇਟੀ ਬਰੀ ਨਹੀਂ ਹੋ ਸਕਦੀ। ਮੁਲਾਜ਼ਮਾਂ ਨੂੰ ਸਜ਼ਾ ਦੇਣ ਬਾਰੇ ਅਪਣਾਇਆ ਗਿਆ ਮਾਪਦੰਡ ਵੀ ਸਪੱਸ਼ਟ ਨਹੀਂ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਵਿਰੁੱਧ ਪਰਚੇ ਹੋਣੇ ਚਾਹੀਦੇ ਹਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਕਿਰਨਜੋਤ ਕੌਰ ਨੇ ਵੀ ਪ੍ਰਧਾਨ ਵੱਲ ਨਿਸ਼ਾਨਾ ਸਾਧਦਿਆਂ ਸੋਸ਼ਲ ਮੀਡੀਆ ਖਾਤੇ ’ਤੇ ਲਿਖਿਆ ਕਿ ਸ਼੍ਰੋਮਣੀ ਕਮੇਟੀ ਤਾਂ ਪ੍ਰਧਾਨ ਦੇ ਹੁਕਮਾਂ ’ਤੇ ਚਲਦੀ ਹੈ, ਫਿਰ ਪ੍ਰਧਾਨ ਨੇ ਇਖਲਾਕੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਕਿਉਂ ਨਹੀਂ ਦਿੱਤਾ? ਅਸਲ ਦੋਸ਼ੀਆਂ ਤਕ ਪਹੁੰਚਣਾ ਅਜੇ ਬਾਕੀ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸਬੰਧਤ ਅਧਿਕਾਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਅਹਿਮ ਸੰਸਥਾ ਹੈ, ਜੋ ਧਰਮ ਦੀ ਸੇਵਾ ਕਰਨ ਲਈ ਬਣੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਬਾਦਲਾਂ ਨੂੰ ਬਚਾਉਣ ਲਈ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਦੁਨੀਆ ਭਰ ਵਿਚ ਬਦਨਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਾਂਚ ਰਿਪੋਰਟ ਜਨਤਕ ਕਰੇ ਤੇ ਦੱਸੇ ਕਿ 328 ਸਰੂਪ ਕਿੱਥੇ ਹਨ।

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਸਿੱਖ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਰਿਪੋਰਟ ਅਧੂਰੀ, ਗੈਰ-ਤਸੱਲੀਬਖ਼ਸ਼ ਤੇ ਸੰਗਤ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਵਾਲੀ ਹੈ।

ਜਾਂਚ ਕਮੇਟੀ ਕਾਰਜਕਾਰੀ ਜਥੇਦਾਰ ਵੱਲੋਂ ਬਣਾਈ ਗਈ ਸੀ, ਉਸ ’ਤੇ ਸ਼ੁਰੂ ਤੋਂ ਹੀ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਸਨ। ਇਸ ਦੌਰਾਨ ਉਨ੍ਹਾਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਇਸ ਘਟਨਾਕ੍ਰਮ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪ੍ਰਧਾਨ ਅਸਤੀਫ਼ਾ ਨਹੀਂ ਦਿੰਦਾ ਤਾਂ ਕਾਰਜਕਾਰਨੀ ਦੇ ਸਾਰੇ ਮੈਂਬਰਾਂ ਨੂੰ ਆਪਣੀ ਜ਼ਮੀਰ ਜਗਾ ਕੇ ਖ਼ੁਦ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ।