ਹੁਸ਼ਿਆਰਪੁਰ, 6 ਫਰਵਰੀ | ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ਤੋਂ ਇਨ੍ਹਾਂ ਸਮਾਗਮਾਂ ਦਾ ਆਗਾਜ਼ ਕਰਦਿਆਂ ਐਲਾਨ ਕੀਤਾ ਕਿ 20 ਫਰਵਰੀ 2027 ਤੱਕ ਸੂਬੇ ਭਰ ਵਿੱਚ ਸੰਤ ਸੰਮੇਲਨ, ਕਾਨਫਰੰਸਾਂ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਗੁਰੂ ਸਾਹਿਬ ਦੀ ਵਿਰਾਸਤ ਨੂੰ ਸੰਭਾਲਣ ਲਈ ਵੱਡੇ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਜਲੰਧਰ ਦੇ ਪਿੰਡ ਫਰੀਦਪੁਰ ਵਿੱਚ 10 ਕਰੋੜ ਦੀ ਲਾਗਤ ਨਾਲ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਿਤ ਕੀਤਾ ਜਾਵੇਗਾ। CM ਮਾਨ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਬਰਾਬਰਤਾ ਵਾਲੇ ਸਮਾਜ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਿੱਖਿਆ ਅਤੇ ਸਿਹਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਵੀ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਸੰਤ ਸਮਾਜ ਅਤੇ ਕਈ ਕੈਬਨਿਟ ਮੰਤਰੀ ਵੀ ਮੌਜੂਦ ਸਨ।





































