ਵਿਆਹੁਤਾ ਨਾਲ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, 2 ਧਿਰਾਂ ਵਿਚਾਲੇ ਹੋਈ ਝੜਪ, ਸਦਮੇ ‘ਚ ਬਜ਼ੁਰਗ ਔਰਤ ਦੀ ਮੌਤ

0
558

ਫਰੀਦਕੋਟ, 4 ਨਵੰਬਰ | ਸ਼ਹਿਰ ਦੇ ਨਾਲ ਲੱਗਦੇ ਪਿੰਡ ਟਿੱਬੀ ਭਰਾਈਆਣਾ ਵਿਚ ਪ੍ਰੇਮ ਸਬੰਧਾਂ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਹੰਗਾਮੇ ਦੀ ਲਪੇਟ ‘ਚ ਆਉਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਸ ਘਟਨਾ ਵਿਚ ਮ੍ਰਿਤਕ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (30) ਵਾਸੀ ਡੋਗਰ ਬਸਤੀ, ਫਰੀਦਕੋਟ ਵਜੋਂ ਹੋਈ ਹੈ। ਕਤਲ ਕੇਸ ਵਿਚ ਥਾਣਾ ਸਿਟੀ ਪੁਲਿਸ ਨੇ ਪਿੰਡ ਦੇ ਹੀ ਰਹਿਣ ਵਾਲੇ ਇੱਕ ਜੋੜੇ ਨੂੰ ਹਿਰਾਸਤ ਵਿਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੋਗਰ ਬਸਤੀ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਪਿੰਡ ਟਿੱਬੀ ਭਰਿਆਣ ਵਾਸੀ ਜਸਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਘਰ ਆਉਣਾ-ਜਾਣਾ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਦੇ ਮਨਪ੍ਰੀਤ ਕੌਰ ਨਾਲ ਪ੍ਰੇਮ ਸਬੰਧ ਸਨ।

ਪਰਿਵਾਰ ਦੇ ਵਿਰੋਧ ਦੇ ਬਾਵਜੂਦ ਉਹ ਉਨ੍ਹਾਂ ਦੇ ਘਰ ਆਉਂਦਾ ਰਿਹਾ। ਐਤਵਾਰ ਰਾਤ ਨੂੰ ਵੀ ਗੁਰਪ੍ਰੀਤ ਸਿੰਘ ਆਪਣੇ ਇੱਕ ਦੋਸਤ ਨਾਲ ਮਨਪ੍ਰੀਤ ਕੌਰ ਦੇ ਘਰ ਆਇਆ ਹੋਇਆ ਸੀ, ਜਿਸ ਤੋਂ ਬਾਅਦ ਜਦੋਂ ਘਰ ‘ਚ ਹੰਗਾਮਾ ਹੋ ਗਿਆ ਤਾਂ ਗੁਰਪ੍ਰੀਤ ਸਿੰਘ ਅਤੇ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਉਕਤ ਪਰਿਵਾਰ ਦੀ ਬਜ਼ੁਰਗ ਔਰਤ ਦੀ ਸਦਮੇ ਕਾਰਨ ਮੌਤ ਹੋ ਗਈ।

ਔਰਤ ਦੀ ਮੌਤ ਤੋਂ ਬਾਅਦ ਪਿੰਡ ਦੇ ਲੋਕ ਜਸਪ੍ਰੀਤ ਸਿੰਘ ਦੇ ਘਰ ਇਕੱਠੇ ਹੋ ਗਏ ਅਤੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਦੇ ਦੁਬਾਰਾ ਪਿੰਡ ਵਿਚ ਦਾਖਲ ਹੋਣ ਦੀ ਸੂਚਨਾ ਮਿਲੀ। ਸੂਚਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਲੱਗਣ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜ਼ਖਮੀ ਹੋ ਗਿਆ।

ਇਸ ਮਾਮਲੇ ਸਬੰਧੀ ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਜਸਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਕੋਲ ਆਉਂਦਾ ਜਾਂਦਾ ਸੀ। ਪੁਲਿਸ ਨੇ ਉਕਤ ਜੋੜੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਤੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।