ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਨੌਜਵਾਨ ਦਾ ਕਤਲ, ਇਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

0
421

ਫਾਜ਼ਿਲਕਾ, 26 ਨਵੰਬਰ | ਅਬੋਹਰ ਦੇ ਲਾਈਨ ਕਰਾਸਿੰਗ ਇਲਾਕੇ ਵਿਚ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜੇਪੀ ਪਾਰਕ ਵਿਚ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਏ ਮਿਲੇ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਦੂਜੇ ਨੌਜਵਾਨ ਦਾ ਸਾਹ ਥੋੜ੍ਹਾ ਚੱਲ ਰਿਹਾ ਸੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਉੱਚ ਕੇਂਦਰ ਵਿਚ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ’ਤੇ ਡੀਐਸਪੀ ਅਬੋਹਰ, ਦੋਵਾਂ ਥਾਣਿਆਂ ਦੇ ਇੰਚਾਰਜ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ’ਤੇ ਪੁੱਜੇ।

ਮ੍ਰਿਤਕ ਨੌਜਵਾਨ ਦੀ ਪਛਾਣ 21 ਸਾਲਾ ਰਵੀ ਖੰਨਾ ਪੁੱਤਰ ਤੁਨੀਆ ਰਾਮ ਵਾਸੀ ਆਰੀਆ ਨਗਰ ਅਤੇ ਜ਼ਖਮੀ ਨੌਜਵਾਨ ਦੀ ਪਛਾਣ 18 ਸਾਲਾ ਵਿਕਰਮ ਪੁੱਤਰ ਸੰਦੀਪ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਨੰਬਰ 1 ਅਤੇ ਥਾਣਾ ਨੰਬਰ 2 ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਅਬੋਹਰ ਦੇ ਡੀਐੱਸਪੀ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਹੈ। ਪੁਲਿਸ ਮ੍ਰਿਤਕ ਦੀ ਪਤਨੀ ਨਿਸ਼ਾ ਦੇ ਬਿਆਨਾਂ ‘ਤੇ ਕਾਰਵਾਈ ਕਰ ਰਹੀ ਹੈ।

ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਦੋਵੇਂ ਥਾਣਿਆਂ ਦੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਨੌਜਵਾਨ ਦੀ ਗਰਦਨ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਆਸਪਾਸ ਦੇ ਇਲਾਕੇ ਵਿਚ ਲੱਗੇ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)