• ਕਿਹਾ, ਦੇਸ਼ ਵਿਰੋਧੀ ਤਾਕਤਾਂ ਤੋਂ ਭਾਰਤ ਦੀ ਸੁਰੱਖਿਆ ਲਈ ਕਾਨੂੰਨ ਅਨੁਸਾਰ ਸਭ ਲੋੜੀਂਦੇ ਕਦਮ ਚੁੱਕਾਂਗੇ

ਚੰਡੀਗੜ੍ਹ . ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰਿਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੜੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਕਦਮ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ਉਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗਿ੍ਰਫਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨੇ੍ਹਵਾਹ ਦੁਰਵਰਤੋਂ ਕੀਤੀ ਗਈ ਸੀ।

ਪੰਜਾਬ ਪੁਲਿਸ ਖਾਸ ਕਰ ਕੇ ਡੀ.ਜੀ.ਪੀ. ਜਿਨ੍ਹਾਂ ਦੀ ਧਰਮ ਨਿਰਪੱਖਤਾ ਅਤੇ ਆਪਣੇ ਫਰਜ਼ ਪ੍ਰਤੀ ਸਮਰਪਣ ਉਤੇ ਉਗਲੀ ਨਹੀਂ ਚੁੱਕੀ ਜਾ ਸਕਦੀ, ਖਿਲਾਫ ਸਿਆਸਤ ਤੋਂ ਪ੍ਰੇਰਿਤ ਗੁੰਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਕਰੜੇ ਹੱਥੀ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਖਿਲਾਫ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਪਾਕਿਸਤਾਨ ਦੀ ਆਈ.ਸੀ.ਆਈ. ਵੱਲੋਂ ਸਰਹੱਦ ਪਾਰ ਤੋਂ ਪੰਜਾਬ ਵਿੱਚ ਦਹਿਸ਼ਤਗਰਦਾਂ ਦੀ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਕਰਵਾਉਣ ਦੀਆਂ ਵਧਦੀਆਂ ਜਾ ਰਹੀਆਂ ਕੋਸ਼ਿਸ਼ਾਂ ਵੱਲ ਧਿਆਨ ਦਿਵਾਉਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕ ਰਹੀ ਹੈ ਤਾਂ ਜੋ ਨਾ ਸਿਰਫ ਪੰਜਾਬ ਸਗੋਂ ਸਮੁੱਚੇ ਦੇਸ਼ ਦੀ ਅਜਿਹੇ ਤੱਤਾਂ ਤੋਂ ਰਾਖੀ ਕੀਤੀ ਜਾ ਸਕੇ। ਉਨ੍ਹਾਂ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਖਾਲਿਸਤਾਨੀ ਏਜੰਡੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ ਜੋ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਦੇਸ਼ ਵਿੱਚ ਗੜਬੜੀ ਪੈਦਾ ਕਰਨਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅਤਿਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਪੁਲਿਸ ਫੋਰਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਹਰ ਕਾਨੂੰਨੀ ਕਦਮ ਚੁੱਕਣ ਲਈ ਪਾਬੰਦ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਮੁਲਕ ਐਸ.ਐਫ.ਜੇ. ਦੇ ਖਾਲਿਸਤਾਨੀ ਪੱਖੀ ਏਜੰਡੇ ਨੂੰ ਰੱਦ ਕਰ ਰਹੇ ਹਨ ਤਾਂ ਉਸ ਵੇਲੇ ਸੁਖਬੀਰ ਵੱਲੋਂ ਆਪਣੇ ਸੂਬੇ ਦੀ ਪੁਲਿਸ ’ਤੇ ਹੀ ਨਿਸ਼ਾਨਾ ਸਾਧ ਕੇ ਅਸਲ ਮਾਅਨਿਆਂ ’ਚ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਨੇ ਵੱਖਵਾਦੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਮਾਰਚ 2017 ਤੋਂ 30 ਅੱਤਵਾਦੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ 170 ਅਤਿਵਾਦੀ ਗਿ੍ਰਫਤਾਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਲਗਭਗ 85 ਅਤਿ ਆਧੁਨਿਕ ਰਾਈਫਲਜ਼/ਪਿਸਤੌਲ ਸਮੇਤ ਏ.ਕੇ-47 ਅਤੇ ਐਮ.ਪੀ.-9/ਐਮ.ਪੀ.-5 ਰਾਈਫਲਜ਼, ਚੀਨ ਦੇ ਬਣੇ ਤਿੰਨ ਸ਼ਕਤੀਸ਼ਾਲੀ ਡਰੋਨ, 5 ਸੈਟੇਲਾਈਟ ਫੋਨ ਅਤੇ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਜੋ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਸੰਕੇਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ ’ਤੇ ਸੁਖਬੀਰ ਦੀ ਇਨ੍ਹਾਂ ਤੱਥਾਂ ਵਿੱਚ ਕੋਈ ਦਿਲਚਸਪੀ ਨਹੀਂ ਅਤੇ ਉਹ ਸਿਰਫ਼ ਤੇ ਸਿਰਫ਼ ਆਪਣੇ ਸੌੜੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਵੱਲ ਹੀ ਧਿਆਨ ਦਿੰਦਾ ਹੈ, ਭਾਵੇਂ ਇਸ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ।

ਸੁਖਬੀਰ ਵੱਲੋਂ ਪੰਜਾਬ ਦੇ ‘ਕਾਲੇ ਦੌਰ’ ਦਾ ਜ਼ਿਕਰ ਕਰਨ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਾਲੇ ਦੌਰ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੀ ਪੁਲੀਸ ਸਾਰੇ ਅਤਿਵਾਦੀਆਂ ਅਤੇ ਵੱਖਵਾਦੀ ਗਤੀਵਿਧੀਆਂ ’ਤੇ ਸ਼ਿਕੰਜਾ ਕੱਸ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ  ਵਿਆਪਕ ਮੁਹਿੰਮ ਚਲਾਈ ਤਾਂ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਧਾਰਾ ਨਾਲ ਜੋੜਣ ਅਤੇ ਉਨ੍ਹਾਂ ਨੂੰ ਅੱਤਵਾਦੀ ਜਾਂ ਹਿੰਸਕ ਗਤੀਵਿਧੀਆਂ ਲਈ ਉਕਸਾਉਣ ਵਾਲੇ ਪਾਕਿਸਤਾਨ ਅਤੇ ਐਸ.ਐਫ.ਜੇ. ਦੇ ਹੱਥਠੋਕਿਆਂ ਦੇ ਮਨਸੂਬਿਆਂ ਨੂੰ ਪੱਟੜੀ ਤੋਂ ਲਾਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ’ਤੇ ਦੋਸ਼ ਲਾਉਣ ਜਾਂ ਗਿ੍ਰਫਤਾਰ ਕਰਨ ਦੀ ਬਜਾਏ ਅਸਲ ਵਿੱਚ ਇਨ੍ਹਾਂ ਨੂੰ ਕਾਊਂਸਿਗ ਕਰਕੇ ਸਮਝਾਇਆ ਗਿਆ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ।