ਗੋਨਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

0
3903

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੋਨਿਆਣਾ ‘ਚ ਇੱਕ 35 ਤੋਂ 40 ਸਾਲ ਦੇ ਮੋਹਣਾ ਸਿੰਘ ਨਾਮ ਦੇ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਦੇ ਲਗਭਗ ਕੁਝ ਨੌਜਵਾਨ ਮੂੰਹ ਬੰਨ੍ਹ ਕੇ ਘਰ ਅੰਦਰ ਵੜੇ ਤੇ ਹਮਲਾ ਕਰ ਕੇ ਮੋਹਣੇ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।
ਜ਼ਖ਼ਮਾਂ ਦੀ ਗੰਭੀਰਤਾ ਕਾਰਨ ਪਰਿਵਾਰਕ ਮੈਂਬਰ ਉਸ ਨੂੰ ਫਰੀਦਕੋਟ ਦੇ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਮੋਹਣਾ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਲਾਏ ਗਏ ਦੋਸ਼ਾਂ ਅਨੁਸਾਰ ਕਤਲ ਕਰਨ ਵਾਲੇ ਨੌਜਵਾਨ ਪਿੰਡ ਦੇ ਹੀ ਰਹਿਣ ਵਾਲੇ ਹਨ, ਜਿਨ੍ਹਾਂ ਨੇ ਪਹਿਲਾਂ ਵੀ ਮੋਹਣਾ ‘ਤੇ ਹਮਲਾ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਸਨ।
ਮੋਹਣਾ ਪੇਸ਼ੇ ਤੋਂ ਡਰਾਈਵਰ ਸੀ, ਉਸ ਦੇ ਤਿੰਨ ਬੱਚੇ ਹਨ ਤੇ ਪਰਿਵਾਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਮੌਕੇ ‘ਤੇ ਪੁਲਿਸ ਪਹੁੰਚ ਚੁੱਕੀ ਹੈ ਅਤੇ ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਨੇ ਪੁਲਿਸ ਅਧਿਕਾਰੀਆਂ ਕੋਲ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਮਾਮਲਾ ਗੰਭੀਰ ਹੋਣ ਕਾਰਨ ਪੁਲਿਸ ਵੱਲੋਂ ਅਧਿਕਾਰਕ ਤਸਦੀਕ ਅਜੇ ਆਉਣੀ ਬਾਕੀ ਹੈ ਤੇ ਜਾਂਚ ਪੂਰੀ ਹੋਣ ਤੱਕ ਦੋਸ਼ੀਆਂ ਬਾਰੇ ਪੁਸ਼ਟੀ ਨਹੀਂ ਕੀਤੀ ਜਾ ਸਕਦੀ।