ਪੰਜਾਬ ‘ਚ ਭਾਰੀ ਬਾਰਿਸ਼ ਦਾ ਅਲਰਟ, ਕਈ ਸਕੂਲਾਂ ਵਿਚ 5 ਅਗਸਤ ਤੱਕ ਛੁੱਟੀਆਂ ਦਾ ਐਲਾਨ

0
575

ਚੰਡੀਗੜ੍ਹ| ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਵੇਗਾ। ਅਗਸਤ ਮਹੀਨੇ ਵੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 2, 3 ਤੇ 4 ਅਗਸਤ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਬੰਧੀ ਵਿਭਾਗ ਵੱਲੋਂ ਸੂਬੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 2 ਤੇ 3 ਅਗਸਤ ਨੂੰ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ, ਜਦਕਿ 4 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

ਤਾਜ਼ਾ ਅਲਰਟ ਪਿੱਛੋਂ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਚ 5 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਆਈਐਮਡੀ ਨੇ ਕਿਹਾ ਹੈ ਕਿ 2 ਤੋਂ 4 ਅਗਸਤ ਦੌਰਾਨ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ 3 ਅਤੇ 4 ਅਤੇ ਪੰਜਾਬ ਵਿੱਚ 3 ਤੇ 4 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 2 ਅਤੇ 3 ਅਗਸਤ ਨੂੰ ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਅਤੇ 2 ਅਗਸਤ ਨੂੰ ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। (ਸੰਕੇਤਿਕ ਤਸਵੀਰ)